ਅੰਮ੍ਰਿਤਸਰ:(ਜਾਗੋ ਸਿੱਖ ਮੀਡੀਆ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਉਤਸ਼ਾਹ ਨਾਲ ਮਨਾਉਣ ਦੀ ਤਿਆਰੀ ਹੈ, ਜਿਸ ਤਹਿਤ ਗੁਰਮਤਿ ਸਮਾਗਮ ਅਤੇ ਰਾਤ ਨੂੰ ਦੀਪ ਮਾਲਾ ਤੇ ਆਤਸ਼ਬਾਜ਼ੀ ਵੀ ਹੋਵੇਗੀ। ਪਿਛਲੇ ਵਰ੍ਹੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀ ਘਟਨਾਵਾਂ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਕਾਲੀ ਦੀਵਾਲੀ ਮਨਾਈ ਗਈ ਸੀ। ਦੀਵਾਲੀ ਮੌਕੇ ਆਤਿਸ਼ਬਾਜ਼ੀ ਨਹੀਂ ਚਲਾਈ ਗਈ ਸੀ ਅਤੇ ਸਿਰਫ ਸੰਕੇਤਕ ਤੌਰ ’ਤੇ ਹੀ ਦੀਪਮਾਲਾ ਕੀਤੀ ਗਈ ਸੀ। ਵੱਡੇ ਪੱਧਰ ‘ਤੇ ਸਿੱਖ ਸੰਗਤ ਨੇ ਵੀ ਕਾਲੀ ਦੀਵਾਲੀ ਮਨਾਉਂਦਿਆਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਤੋਂ ਗੁਰੇਜ਼ ਕੀਤਾ ਸੀ।
ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਬੀਤੇ ਵਰ੍ਹੇ ਬੰਦੀ ਛੋੜ ਦਿਵਸ ਮੌਕੇ ਮਨਾਈ ਗਈ ਸੰਕੇਤਕ ਦੀਵਾਲੀ ਦਾ ਇੱਕ ਦ੍ਰਿਸ਼
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਦਾ ਸਿਲਸਿਲਾ ਭਾਵੇਂ ਜਾਰੀ ਹੈ ਪਰ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਦੀਵਾਲੀ ਨੂੰ ਉਤਸ਼ਾਹ ਨਾਲ ਮਨਾਉਣ ਦੀ ਤਿਆਰੀ ਹੈ। ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ 29 ਤੋਂ 31 ਅਕਤੂਬਰ ਤੱਕ ਬੰਦੀ ਛੋੜ ਦਿਵਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸ ਤਹਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਢਾਡੀ ਦਰਬਾਰ ਹੋਣਗੇ, ਸ੍ਰੀ ਅਕਾਲ ਤਖ਼ਤ ਵਿਖੇ ਰੋਜ਼ਾਨਾ ਅੰਮ੍ਰਿਤ ਸੰਚਾਰ ਹੋਵੇਗਾ, 30 ਅਕਤੂਬਰ ਨੂੰ ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ਼ਾਮ ਪੰਜ ਵਜੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ।
ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੀ ਹਾਜ਼ਰ ਸੰਗਤ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਕੀਰਤਨ ਦਰਬਾਰ ਹੋਵੇਗਾ। ਮੈਨੇਜਰ ਸੁਲੱਖਣ ਸਿੰਘ ਨੇ ਦੱਸਿਆ ਕਿ ਦੀਵਾਲੀ ਮੌਕੇ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਦੀਪਮਾਲਾ ਕੀਤੀ ਜਾਵੇਗੀ। ਰਾਤ ਨੂੰ ਹੀ ਆਤਿਸ਼ਬਾਜ਼ੀ ਵੀ ਹੋਵੇਗੀ ਪ੍ਰੰਤੂ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਆਤਿਸ਼ਬਾਜ਼ੀ ਦਾ ਸਮਾਂ ਘੱਟ ਕੀਤਾ ਗਿਆ ਹੈ।
Comments
Post a Comment