ਪੰਜਾਬ ਸਰਕਾਰ ਨੇ ਸੁਰੇਸ਼ ਕੁਮਾਰ ਨੂੰ ਬਣਾਇਆ ਮੁੱਖ ਪ੍ਰਮੁੱਖ ਸਕੱਤਰ

ਚੰਡੀਗੜ੍ਹ: (ਜਾਗੋ ਸਿੱਖ ਮੀਡੀਆ ਬਿਊਰੋ) ਪੰਜਾਬ ਸਰਕਾਰ ਨੇ ਸੇਵਾ-ਮੁਕਤ ਆਈਏਐਸ ਅਧਿਕਾਰੀ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਦੇ ਬਰਾਬਰ ਦਾ ਦਰਜਾ ਦਿੱਤਾ ਗਿਆ ਹੈ। ਉਹ ਕੈਪਟਨ ਸਰਕਾਰ ਦੇ ਸਭ ਤੋਂ ਅਹਿਮ ਸਲਾਹਕਾਰ ਹਨ ਤੇ ਉਨ੍ਹਾਂ ਦੀਆਂ ਤਜਵੀਜ਼ਾਂ ’ਤੇ ਸਰਕਾਰ ਅਹਿਮ ਫ਼ੈਸਲੇ ਲੈ ਰਹੀ ਹੈ। ਕਾਂਗਰਸ ਦੀ ਪਿਛਲੀ ਸਰਕਾਰ ਸਮੇਂ ਉਹ ਕੈਪਟਨ ਦੇ ਪ੍ਰਮੁੱਖ ਸਕੱਤਰ ਸਨ। ਉਨ੍ਹਾਂ ਨੇ ਦਿੱਲੀ ਯੂਨੀਵਰਸਟੀ ਤੋਂ ਕਾਮਰਸ ਵਿੱਚ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ।
1983 ਬੈਚ ਦੇ ਆਈਏਐਸ ਅਧਿਕਾਰੀ ਸੁਰੇਸ਼ ਕੁਮਾਰ ਨੇ ਤਲਵੰਡੀ ਸਾਬੋ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਸਾਲ 2016 ਵਿੱਚ ਵਧੀਕ ਮੁੱਖ ਸਕੱਤਰ (ਵਿਕਾਸ) ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਬਿਜਲੀ, ਜਲ ਸਰੋਤ, ਖੇਤੀਬਾੜੀ, ਸਹਿਕਾਰਤਾ, ਸਿੱਖਿਆ, ਸਨਅਤ, ਕਰ ਤੇ ਆਰਥਿਕ ਪ੍ਰਸ਼ਾਸਨ, ਵਾਤਾਵਰਣ, ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰ ਤੇ ਪ੍ਰਸ਼ਾਸਕੀ ਸੁਧਾਰਾਂ ਦੇ ਖੇਤਰ ਵਿੱਚ ਅਹਿਮ ਜ਼ਿੰਮੇਵਾਰੀ ਨਿਭਾਈ।

Comments