ਫਤਹਿਗੜ੍ਹ ਸਾਹਿਬ ਜੋੜ ਮੇਲ 'ਚ ਪਹੁੰਚੇ 50 ਲੱਖ ਤੋਂ ਵੱਧ ਸ਼ਰਧਾਲੂ

ਫਤਹਿਗੜ੍ਹ ਸਹਿਬ: (ਜਾਗੋ ਸਿੱਖ ਮੀਡੀਆ ਬਿੳੂਰੋ)ਇਤਿਹਾਸਕ ਸਥਾਨ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 313ਵੇਂ ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦਵਾਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦਵਾਰਾ ਸ੍ਰੀ ਜੋਤੀਸਰੂਪ ਪਹੁੰਚ ਸੰਪੂਰਨ ਹੋਇਆ।

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸੱਜੀ ਸੁੰਦਰ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਤਿੰਨ ਦਿਨ ਤੱਕ ਚੱਲੇ ਜੋੜ ਮੇਲ ਦੌਰਾਨ 50 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਪਹੁੰਚ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ।

13 ਪੋਹ 1704 ਨੂੰ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਹਾਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੂੰ ਸਰਹਿੰਦ ਦੇ ਨਵਾਬ ਵਜ਼ੀਰ ਖ਼ਾਨ ਦੇ ਹੁਕਮ ਤੋਂ ਬਾਅਦ ਦੀਵਾਰ ਵਿੱਚ ਜਿਉਂਦਿਆਂ ਚਿਣਵਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੋਹਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਸ਼ਹੀਦੀ ਸਮਾਗਮ ਨੂੰ ਜੋੜ ਮੇਲ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ।

ਇਸ ਸਾਲ ਵੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਦੋਹਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ 313ਵੇਂ ਸ਼ਹੀਦੀ ਜੋੜ ਮੇਲ ਬੜੀ ਹੀ ਸ਼ਾਰਦਾ ਤੇ ਸਤਿਕਾਰ ਨਾਲ ਸੰਪੰਨ ਹੋਇਆ। ਨਗਰ ਕੀਰਤਨ ਵਿੱਚ ਸ਼ਿਰਕਤ ਕਰਨ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਦੋਹਾਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕਰਦਿਆਂ ਵੈਰਾਗਮਈ ਨਗਰ ਕੀਰਤਨ ਸਜਾਇਆ ਗਿਆ ਹੈ ਤੇ ਸਾਨੂੰ ਸ਼ਹੀਦਾਂ ਦੀ ਕੁਰਬਾਨੀ ਤੋਂ ਸਿੱਖਿਆ ਲੈਣੀ ਚਾਹੀਦੀ ਹੈ।

Comments